Punjab News: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਦੋ ਵਿਧਾਇਕਾਂ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਆਪਣੀ ਪੋਸਟ ਵਿੱਚ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
ਦੂਜੇ ਪਾਸੇ, ਦੋਵਾਂ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ, ਦੋਵੇਂ ਆਗੂ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਜਨਤਕ ਮੀਟਿੰਗ ਦੌਰਾਨ ਭਾਜਪਾ ਦਾ ਪੱਲਾ ਫੜ ਸਕਦੇ ਹਨ।
ਆਪਣਾ ਪੱਖ ਰੱਖਣ ਅਤੇ ਪਾਰਟੀ ਛੱਡਣ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ ਲਈ ਦੋਵਾਂ ਵਿਧਾਇਕਾਂ ਵੱਲੋਂ ਸ਼ਾਮ 4:30 ਵਜੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਵੀ ਬੁਲਾਈ ਗਈ ਹੈ।
ਜੌੜਾਮਾਜਰਾ ਦੀ ਨਾਰਾਜ਼ਗੀ ਦੀ ਕੀ ਹੈ ਵਜ੍ਹਾ?
ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਪਾਰਟੀ ਵੱਲੋਂ ਸਮਾਣਾ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸੌਂਪ ਦਿੱਤੀ ਗਈ ਸੀ। ਇਸ ਫ਼ੈਸਲੇ ਨੂੰ ਜੌੜਾਮਾਜਰਾ ਦੀ ਨਾਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਠਾਣਮਾਜਰਾ ਵੀ ਰਹੇ ਹਨ ਵਿਵਾਦਾਂ ‘ਚ
ਉੱਧਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਪਿਛਲੇ ਸਮੇਂ ਦੌਰਾਨ ਕਾਫ਼ੀ ਚਰਚਾ ਵਿੱਚ ਰਹੇ ਹਨ। ਉਨ੍ਹਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਆਸਟ੍ਰੇਲੀਆ ਚਲੇ ਗਏ ਸਨ। ਬਾਅਦ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਭਾਰਤ ਪਰਤਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਹੁਣ ਦੋਵਾਂ ਵਿਧਾਇਕਾਂ ਦੇ ਅਸਤੀਫ਼ਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਦੋਵੇਂ ਆਗੂ ਸੱਚਮੁੱਚ ਭਾਜਪਾ ਵਿੱਚ ਸ਼ਾਮਲ ਹੋਣਗੇ ਅਤੇ ਆਮ ਆਦਮੀ ਪਾਰਟੀ ਇਸ ਸਿਆਸੀ ਝਟਕੇ ਤੋਂ ਕਿਵੇਂ ਉਭਰਦੀ ਹੈ।
