ਮੌਕ ਪਾਰਲੀਮੈਂਟ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਤਨਜ਼
ਅਮਿਤ ਸ਼ਾਹ ਨੇ ਰਾਹੁਲ ਗਾਂਧੀ ਦੀ ਪ੍ਰਧਾਨ ਮੰਤਰੀ ਬਣਨ ਦੀ ਇੱਛਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਤਿੰਨ ਚੋਣਾਂ ਵਿੱਚ ਹਾਰ ਤੋਂ ਬਾਅਦ ਉਨ੍ਹਾਂ ਨੇ ਮੌਕ ਪਾਰਲੀਮੈਂਟ ਦਾ ਨਵਾਂ ਰਾਹ ਲੱਭ ਲਿਆ ਹੈ। ਉਨ੍ਹਾਂ ਕਿਹਾ, “ਜੇਕਰ ਪ੍ਰਧਾਨ ਮੰਤਰੀ ਹੀ ਬਣਨਾ ਹੈ ਤਾਂ ਪੂਰੀ ਜ਼ਿੰਦਗੀ ਮੌਕ ਪਾਰਲੀਮੈਂਟ ਵਿੱਚ ਹੀ ਬਣੇ ਰਹਿਣਾ, ਜਨਤਾ ਵਿਚਕਾਰ ਤੁਹਾਡਾ ਨੰਬਰ ਕਦੇ ਨਹੀਂ ਆਉਣ ਵਾਲਾ।”
ਪੰਜਾਬ ਵਿੱਚ NDA ਦੀ ਸਰਕਾਰ ਬਣਾਉਣ ਦਾ ਸੱਦਾ
1 ਨਵੰਬਰ ਨੂੰ ਚੰਡੀਗੜ੍ਹ ਅਤੇ ਹਰਿਆਣਾ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਅਮਿਤ ਸ਼ਾਹ ਨੇ ਪੰਜਾਬ ਦੀ ਸਿਆਸਤ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਆਉਣ ਵਾਲੀਆਂ ਹਨ ਅਤੇ ਸੂਬੇ ਵਿੱਚ NDA ਦੀ ਮਜ਼ਬੂਤ ਸਰਕਾਰ ਬਣਾਉਣੀ ਹੈ। ਉਨ੍ਹਾਂ ਨੇ ਸਭਾ ਵਿੱਚ ਮੌਜੂਦ ਲੋਕਾਂ ਨੂੰ ਪੰਜਾਬ ਵਿੱਚ NDA ਦੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਾਂਗਰਸ ‘ਤੇ ਹਮਲਾ
ਅਮਿਤ ਸ਼ਾਹ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦਿਆਂ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਹਜ਼ਾਰਾਂ ਸਿੱਖਾਂ ਦੀ ਹੱਤਿਆ ਕੀਤੀ ਗਈ ਅਤੇ ਕਈ ਲੋਕਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ। ਸ਼ਾਹ ਨੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਿਆਨ ‘ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ’ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੰਗਿਆਂ ਨਾਲ ਜੁੜੇ ਮਾਮਲਿਆਂ ਨੂੰ ਮੁੜ ਖੁਲ੍ਹਵਾਇਆ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ। ਸ਼ਾਹ ਮੁਤਾਬਕ, ਦੰਗਾ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ।
ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੀ ਬਰਸੀ ਵਾਲੇ ਦਿਨ ਦਿੱਲੀ ਵਿੱਚ ਵੱਡਾ ਪ੍ਰੋਗਰਾਮ ਕਰਵਾਉਣਾ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਸ਼ਾਹ ਨੇ ਰਾਹੁਲ ਗਾਂਧੀ ਦੀ ‘ਮੁਹੱਬਤ ਦੀ ਦੁਕਾਨ’ ਵਾਲੀ ਟਿੱਪਣੀ ‘ਤੇ ਵੀ ਤਨਜ਼ ਕੱਸਿਆ ਅਤੇ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਨਫ਼ਰਤ ਤੋਂ ਇਲਾਵਾ ਕੁਝ ਨਹੀਂ ਮਿਲੇਗਾ।
ਦਿੱਲੀ ਦੇ ਕਾਰੋਬਾਰ ਦਾ ਵੀ ਚੁੱਕਿਆ ਮੁੱਦਾ
ਗ੍ਰਹਿ ਮੰਤਰੀ ਨੇ ਦਿੱਲੀ ਵਿੱਚ ਦੀਵਾਲੀ ਦੌਰਾਨ ਹੋਣ ਵਾਲੇ ਕਾਰੋਬਾਰ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਵਪਾਰੀਆਂ ਨੇ ਕਾਂਗਰਸ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਰੈਲੀ ਦੀਵਾਲੀ ਤੋਂ ਬਾਅਦ ਕਰੇ, ਕਿਉਂਕਿ ਤਿਉਹਾਰ ਦੇ ਦਿਨਾਂ ਵਿੱਚ ਦਿੱਲੀ ਵਿੱਚ ਲਗਭਗ 25 ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਹੈ ਅਤੇ ਰੈਲੀ ਕਾਰਨ ਵਪਾਰ ਪ੍ਰਭਾਵਿਤ ਹੋ ਸਕਦਾ ਹੈ।
ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਵਪਾਰੀਆਂ ਦੀ ਗੱਲ ਨਹੀਂ ਮੰਨੀ। ਉਨ੍ਹਾਂ ਦਿੱਲੀ ਦੀਆਂ ਪਿਛਲੀਆਂ ਤਿੰਨ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਸਥਿਤੀ ਨਹੀਂ ਬਦਲਣ ਵਾਲੀ।
2029 ਤੱਕ ਦੇਸ਼ ਨੂੰ ਨਸ਼ਾਮੁਕਤ ਕਰਨ ਦਾ ਟੀਚਾ
ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਟੀਚਾ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾਮੁਕਤ ਬਣਾਉਣਾ ਹੈ। ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਚੰਡੀਗੜ੍ਹ ਨੂੰ 258 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ
ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਕਰੀਬ 258 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਰਾਏਪੁਰ ਕਲਾਂ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ CTU ਦਾ ਅੰਤਰਰਾਜੀ ਬੱਸ ਡਿਪੂ ਅਤੇ ਪੁਲਿਸ ਮੁਲਾਜ਼ਮਾਂ ਲਈ 192 ਟਾਈਪ-3 ਰਿਹਾਇਸ਼ੀ ਮਕਾਨ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਹੋਵੇਗਾ।
ਚੰਡੀਗੜ੍ਹ ਦੀਆਂ ਤਿੰਨ ਪੁਰਾਣੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ
ਅਮਿਤ ਸ਼ਾਹ ਨੇ ਚੰਡੀਗੜ੍ਹ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸ਼ਹਿਰ ਦੀਆਂ ਤਿੰਨ ਪੁਰਾਣੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮੱਸਿਆਵਾਂ ਪਿਛਲੇ 30 ਤੋਂ 40 ਸਾਲਾਂ ਤੋਂ ਚੱਲੀਆਂ ਆ ਰਹੀਆਂ ਹਨ।
ਸ਼ਾਹ ਮੁਤਾਬਕ, ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਤਿੰਨਾਂ ਸਮੱਸਿਆਵਾਂ ਦੇ ਹੱਲ ਸਬੰਧੀ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ-1 ਪ੍ਰਸ਼ਾਸਕੀ ਸ਼ਹਿਰ ਬਣਾਉਣ ਲਈ ਕੰਮ ਕਰੇਗੀ।
ਸੈਕਟਰ-31 ਥਾਣੇ ਨੂੰ ਮਿਲਿਆ ਸਰਵੋਤਮ ਪੁਲਿਸ ਸਟੇਸ਼ਨ ਦਾ ਸਨਮਾਨ
ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਸਮਾਗਮ ਦੌਰਾਨ ਅਮਿਤ ਸ਼ਾਹ ਨੇ ਸੈਕਟਰ-31 ਪੁਲਿਸ ਸਟੇਸ਼ਨ ਨੂੰ ਸਰਵੋਤਮ ਪੁਲਿਸ ਸਟੇਸ਼ਨ ਦੀ ਟਰਾਫ਼ੀ ਨਾਲ ਸਨਮਾਨਿਤ ਕੀਤਾ। ਥਾਣਾ ਇੰਚਾਰਜ ਹਰਿਓਮ ਸ਼ਰਮਾ ਨੇ ਗ੍ਰਹਿ ਮੰਤਰੀ ਤੋਂ ਇਹ ਟਰਾਫ਼ੀ ਪ੍ਰਾਪਤ ਕੀਤੀ। ਇਹ ਸਨਮਾਨ ਥਾਣੇ ਦੇ ਬਿਹਤਰ ਕੰਮਕਾਜ ਅਤੇ ਕਾਰਗੁਜ਼ਾਰੀ ਲਈ ਦਿੱਤਾ ਗਿਆ।
