ਇਹ ਪਟੀਸ਼ਨ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਵੱਲੋਂ ਦਾਇਰ ਕੀਤੀ ਗਈ ਹੈ। ਇਸ ਵਿੱਚ ਸੰਵਿਧਾਨ ਦੇ ਦਸਵੇਂ ਸ਼ਡਿਊਲ ਦਾ ਹਵਾਲਾ ਦਿੰਦਿਆਂ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੌਰਾਨ ਇੱਕ ਹੋਰ ਅਹਿਮ ਘਟਨਾਕ੍ਰਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉੱਥੇ ਹੀ ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਤੱਕ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਨਹੀਂ ਦਿੱਤਾ। ਦੂਜੇ ਪਾਸੇ, ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਸਮੇਂ ਬਾਅਦ ਆਪਣਾ ਵਿਧਾਇਕ ਅਹੁਦਾ ਛੱਡਣ ਲਈ ਅਸਤੀਫ਼ਾ ਦੇ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਹਿਲਾਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।
ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਹੁਣ ਇਸ ਪੂਰੇ ਮਾਮਲੇ ਵਿੱਚ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।
