ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਇੱਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਗੰਭੀਰ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ‘ਤੇ ਦਬਾਅ ਬਣਾ ਕੇ ਅੰਤਿਮ ਸੰਸਕਾਰ ਕਰਵਾਇਆ ਗਿਆ।
ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਵਿੱਚ ਗੁਲਜ਼ਾਰ ਸਿੰਘ ਦੀ ਪਤਨੀ ਅਤੇ ਤਿੰਨ ਪੁੱਤਰ ਨਜ਼ਰ ਆ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗੁੰਮਰਾਹ ਕਰਕੇ ਜਲਦਬਾਜ਼ੀ ਵਿੱਚ ਸਸਕਾਰ ਕਰਵਾ ਦਿੱਤਾ।
ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਨਾ ਤਾਂ ਗੁਲਜ਼ਾਰ ਸਿੰਘ ਦੇ ਫੁੱਲ ਚੁਗੇ ਜਾਣਗੇ ਅਤੇ ਨਾ ਹੀ ਭੋਗ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਦਾ ਸਸਕਾਰ ਸਖ਼ਤ ਪੁਲਿਸ ਸੁਰੱਖਿਆ ਹੇਠ ਕੀਤਾ ਗਿਆ ਸੀ ਅਤੇ ਉਸ ਦੌਰਾਨ ਵੀ ਵਿਵਾਦ ਪੈਦਾ ਹੋਇਆ ਸੀ। ਉਸ ਵੇਲੇ ਪਰਿਵਾਰ ਦੇ ਇੱਕ ਮੈਂਬਰ ਨੇ ਪੁਲਿਸ ਜਾਂਚ ‘ਤੇ ਤਸੱਲੀ ਜ਼ਾਹਿਰ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਪਰਿਵਾਰ ‘ਤੇ ਕਿਸੇ ਕਿਸਮ ਦਾ ਦਬਾਅ ਨਹੀਂ ਹੈ। ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਸਹਿਮਤੀ ਬਣਨ ਦੀ ਗੱਲ ਵੀ ਸਾਹਮਣੇ ਆਈ ਸੀ।
ਇਹ ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਸੀ ਜਦੋਂ ਕੁਝ ਦਿਨ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇੱਕ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਆਪਣੇ ਪਿੰਡ ਵਿੱਚ ਚਿੱਟੇ ਦੀ ਵਿਕਰੀ ਹੋਣ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਕਥਿਤ ਤੌਰ ‘ਤੇ ਪੰਚਾਇਤ ਵੱਲੋਂ ਉਨ੍ਹਾਂ ‘ਤੇ ਜਨਤਕ ਤੌਰ ‘ਤੇ ਮਾਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ। ਇਸੇ ਦੌਰਾਨ ਗੁਲਜ਼ਾਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਪਿੰਡ ਦੀ ਸਰਪੰਚ ਸਮੇਤ ਕਈ ਲੋਕਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ। ਇਸੇ ਦੌਰਾਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਪਿੰਡ ਤੂਰ ਬੰਜਾਰਾ ਪਹੁੰਚਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਇਹ ਚਰਚਾ ਵੀ ਚੱਲ ਰਹੀ ਹੈ ਕਿ ਪਰਿਵਾਰ ਨੇ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਾਪਤ ਕਰ ਲਿਆ ਹੈ। ਹਾਲਾਂਕਿ ਇਸ ਸਬੰਧੀ ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
