Canada Punjabi Deportations: ਜਬਰੀ ਵਸੂਲੀ ਤੇ ਗੋਲੀਬਾਰੀ ਮਾਮਲਿਆਂ ‘ਚ 4 ਪੰਜਾਬੀ ਕੈਨੇਡਾ ਤੋਂ ਡਿਪੋਰਟ।

You are currently viewing Canada Punjabi Deportations: ਜਬਰੀ ਵਸੂਲੀ ਤੇ ਗੋਲੀਬਾਰੀ ਮਾਮਲਿਆਂ ‘ਚ 4 ਪੰਜਾਬੀ ਕੈਨੇਡਾ ਤੋਂ ਡਿਪੋਰਟ।

ਕੈਨੇਡਾ ਸਰਕਾਰ ਨੇ ਜ਼ਬਰਦਸਤੀ ਉਗਰਾਹੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਚਾਰ ਪੰਜਾਬੀ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਮੁਤਾਬਕ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ਅਪਰਾਧਿਕ ਗਿਰੋਹਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਮੂਲੀਅਤ ਦੇ ਆਧਾਰ ’ਤੇ ਕੈਨੇਡਾ ਵਿੱਚ ਰਹਿਣ ਲਈ ਅਯੋਗ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ਉੱਤੇ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹੋਰ ਹਿੰਸਕ ਘਟਨਾਵਾਂ ਨਾਲ ਜੁੜੇ ਮਾਮਲੇ ਦਰਜ ਸਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਹੈ।

CBSA ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਫਿਰੌਤੀ ਅਤੇ ਗੋਲੀਬਾਰੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ੱਕੀ 111 ਵਿਅਕਤੀਆਂ ਨੂੰ ਦੇਸ਼ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ, ਜਦਕਿ ਕਈ ਹੋਰਾਂ ਖ਼ਿਲਾਫ਼ ਜਾਂਚ ਅਤੇ ਕਾਰਵਾਈ ਜਾਰੀ ਹੈ। ਏਜੰਸੀ ਦੇ ਅੰਕੜਿਆਂ ਮੁਤਾਬਕ 2025 ਦੌਰਾਨ ਕੁੱਲ 23,160 ਲੋਕਾਂ ਨੂੰ ਉਨ੍ਹਾਂ ਦੇ ਮੁਲਕਾਂ ਵਿੱਚ ਵਾਪਸ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚੋਂ 1,010 ਗੰਭੀਰ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਸਨ।

ਏਜੰਸੀ ਦਾ ਕਹਿਣਾ ਹੈ ਕਿ ਪਹਿਲਾਂ ਸਟਾਫ਼ ਦੀ ਘਾਟ ਕਾਰਨ ਕਈ ਮਾਮਲਿਆਂ ਵਿੱਚ ਕਾਰਵਾਈ ਦੀ ਰਫ਼ਤਾਰ ਪ੍ਰਭਾਵਿਤ ਹੋਈ ਸੀ, ਪਰ ਹੁਣ ਸਰਕਾਰ ਵੱਲੋਂ ਵਧੇਰੇ ਫੰਡ ਮੁਹੱਈਆ ਕਰਵਾਏ ਜਾਣ ਕਾਰਨ ਲਗਭਗ 1,000 ਨਵੇਂ ਅਧਿਕਾਰੀ ਭਰਤੀ ਕੀਤੇ ਜਾ ਰਹੇ ਹਨ। ਇਸ ਨਾਲ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਹੋਣ ਦੀ ਉਮੀਦ ਹੈ।

ਫੈਡਰਲ ਲੋਕ ਸੁਰੱਖਿਆ ਮੰਤਰੀ ਗੈਰੀ ਅਨੰਦਾਸੰਗਰੀ ਨੇ ਕਿਹਾ ਕਿ ਸਰਕਾਰ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਪ੍ਰਭਾਵਿਤ ਕਰ ਰਹੇ ਫਿਰੌਤੀ ਰੈਕਟ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਕੁਝ ਅਪਰਾਧੀ ਗਰੁੱਪ ਕਿਸੇ ਵੱਡੀ ਤਾਕਤ ਜਾਂ ਸੰਗਠਨ ਦੇ ਇਸ਼ਾਰੇ ’ਤੇ ਕੈਨੇਡਾ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

CBSA ਦੀ ਪ੍ਰਧਾਨ ਐਰਿਨ ਓ’ਗੋਰਮਨ ਨੇ ਕਿਹਾ ਕਿ ਇਮੀਗ੍ਰੇਸ਼ਨ ਅਤੇ ਰਿਫਿਊਜੀ ਪ੍ਰੋਟੈਕਸ਼ਨ ਕਾਨੂੰਨ ਤਹਿਤ ਅਯੋਗ ਕਰਾਰ ਦਿੱਤੇ ਗਏ ਹਰ ਵਿਅਕਤੀ ਨੂੰ ਦੇਸ਼ ਤੋਂ ਬਾਹਰ ਭੇਜਣ ਲਈ ਏਜੰਸੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ 111 ਵਿਅਕਤੀਆਂ ਵਿੱਚੋਂ ਜ਼ਿਆਦਾਤਰ ਬ੍ਰਿਟਿਸ਼ ਕੋਲੰਬੀਆ ਅਤੇ ਓਨਟਾਰੀਓ ਸੂਬਿਆਂ ਨਾਲ ਸਬੰਧਤ ਸਨ।

Leave a Reply