ਚੰਡੀਗੜ੍ਹ ਵਿੱਚ ਇੱਕ ਸ਼ਰਾਬ ਦੇ ਠੇਕੇ ‘ਤੇ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ 14 ਸਤੰਬਰ ਦੀ ਸ਼ਾਮ ਕਰੀਬ 6:50 ਵਜੇ ਦੋ ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਠੇਕੇ ਦੇ ਬਾਹਰ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਪਿੱਛੇ ਬੈਠੇ ਨੌਜਵਾਨ ਨੇ ਸਰਵਿਸ ਵਿੰਡੋ ਵੱਲ ਇੱਕ ਸ਼ੱਕੀ ਵਸਤੂ ਸੁੱਟੀ, ਪਰ ਉਹ ਅੰਦਰ ਜਾਣ ਦੀ ਬਜਾਏ ਬਾਹਰ ਖੜ੍ਹੇ ਗਾਹਕਾਂ ਦੇ ਕੋਲ ਡਿੱਗ ਪਈ।
ਕੁਝ ਹੀ ਸਕਿੰਟਾਂ ਬਾਅਦ ਉਸ ਵਸਤੂ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਨਾਲ ਉੱਥੇ ਮੌਜੂਦ ਲੋਕਾਂ ਵਿੱਚ ਭਗਦੜ ਮਚ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਘਬਰਾ ਗਏ ਅਤੇ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਨੌਜਵਾਨ ਐਕਟਿਵਾ ‘ਤੇ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-11 ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਕੁਝ ਅਹਿਮ ਸਬੂਤ ਵੀ ਇਕੱਠੇ ਕੀਤੇ ਹਨ। ਇਸ ਦੇ ਨਾਲ ਹੀ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਫਿਲਹਾਲ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲੇ ਦੇ ਪਿੱਛੇ ਅਸਲ ਮਕਸਦ ਕੀ ਸੀ। ਅਜੇ ਤੱਕ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਸੁੱਟੀ ਗਈ ਵਸਤੂ ਬੰਬ ਸੀ ਜਾਂ ਕੋਈ ਹੋਰ ਵਿਸਫੋਟਕ ਸਮੱਗਰੀ। ਇਸ ਬਾਰੇ ਅੰਤਿਮ ਪੁਸ਼ਟੀ ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।
ਉਧਰ ਠੇਕੇ ਦੇ ਸੰਚਾਲਕ ਨੇ ਘਟਨਾ ਤੋਂ ਬਾਅਦ ਪੁਲਿਸ ਕੋਲ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਸ ਨੇ ਕਰਮਚਾਰੀਆਂ ਦੀ ਸੁਰੱਖਿਆ ਲਈ ਇਲਾਕੇ ਵਿੱਚ ਵੱਧ ਗਸ਼ਤ ਅਤੇ ਰਾਤ ਸਮੇਂ ਖਾਸ ਨਿਗਰਾਨੀ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ।
