ਕੁਰੂਕਸ਼ੇਤਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਦੌਰੇ ਦੌਰਾਨ ਲਾਡਵਾ ਅਨਾਜ ਮੰਡੀ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਜਾਣੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਥਲ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।
ਲਾਡਵਾ ਮੰਡੀ ਦਾ ਅਚਾਨਕ ਨਿਰੀਖਣ
ਕੁਰੂਕਸ਼ੇਤਰ ਦੀ ਲਾਡਵਾ ਮੰਡੀ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਝੋਨੇ ਦੀ ਸਰਕਾਰੀ ਖਰੀਦ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ।
‘ਕਿਸਾਨ ਦੀ ਫ਼ਸਲ ਦਾ ਇੱਕ-ਇੱਕ ਦਾਣਾ MSP ‘ਤੇ ਖਰੀਦੇਗੀ ਸਰਕਾਰ’
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਅਤੇ ਸੀਨੀਅਰ ਅਧਿਕਾਰੀ ਵੀ ਜ਼ਮੀਨੀ ਪੱਧਰ ‘ਤੇ ਜਾ ਕੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦਣ ਦਾ ਵਾਅਦਾ ਕੀਤਾ ਹੈ ਅਤੇ ਇਸ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੂੰ ਕੀਤੀ ਵਿਸ਼ੇਸ਼ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਕਾਰਨ ਮੰਡੀ ਪ੍ਰਬੰਧਾਂ ਵਿੱਚ ਕੁਝ ਵਿਹਾਰਕ ਦਿੱਕਤਾਂ ਆਈਆਂ ਸਨ, ਪਰ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਸੈਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ, ਤਾਂ ਜੋ ਨਮੀ ਕਾਰਨ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕਲਾਲ ਮਾਜਰਾ ‘ਚ 6 ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਕੁਰੂਕਸ਼ੇਤਰ ਦੌਰੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਲਾਲ ਮਾਜਰਾ ਪਿੰਡ ਵੀ ਪਹੁੰਚੇ। ਕੈਥਲ ਰੋਡ ‘ਤੇ ਹਾਲ ਹੀ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇਸ ਪਿੰਡ ਦੇ 6 ਲੋਕਾਂ ਦੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਇਸ ਔਖੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਿਵਾਰਾਂ ਨੂੰ ਹਰ ਸੰਭਵ ਸਰਕਾਰੀ ਸਹਾਇਤਾ ਦਾ ਭਰੋਸਾ ਵੀ ਦਿੱਤਾ।
