ਆਸਟ੍ਰੇਲੀਆ ਵਿੱਚ ਪੜ੍ਹਾਈ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਲਈ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਵਿਦਿਆਰਥੀ ਵੀਜ਼ਾ ਨਿਯਮਾਂ ਅਨੁਸਾਰ ਕੁਝ ਦੇਸ਼ਾਂ ਦੇ ਨਾਗਰਿਕਾਂ ਨੂੰ ਅੰਗਰੇਜ਼ੀ ਭਾਸ਼ਾ ਦੀ ਪ੍ਰਵੀਂਤਾ ਸਾਬਤ ਕਰਨ ਲਈ IELTS, PTE ਜਾਂ ਹੋਰ ਮਨਜ਼ੂਰਸ਼ੁਦਾ ਟੈਸਟ ਦੇਣ ਤੋਂ ਛੋਟ ਦਿੱਤੀ ਗਈ ਹੈ। ਇਸ ਸੂਚੀ ਵਿੱਚ ਯੂਨਾਈਟਡ ਕਿੰਗਡਮ (UK), ਸੰਯੁਕਤ ਰਾਜ ਅਮਰੀਕਾ (USA), ਕੈਨੇਡਾ, ਨਿਊਜ਼ੀਲੈਂਡ ਅਤੇ ਆਇਰਲੈਂਡ ਦੇ ਨਾਗਰਿਕ ਸ਼ਾਮਲ ਹਨ।
ਹਾਲਾਂਕਿ ਭਾਰਤ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ। ਇਸ ਦਾ ਮਤਲਬ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਆਸਟ੍ਰੇਲੀਆਈ ਸਟੂਡੈਂਟ ਵੀਜ਼ਾ ਲਈ ਅਰਜ਼ੀ ਦਿੰਦਿਆਂ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਸਾਬਤ ਕਰਨ ਲਈ ਮਨਜ਼ੂਰਸ਼ੁਦਾ ਟੈਸਟ ਦਾ ਸਕੋਰ ਪੇਸ਼ ਕਰਨਾ ਪਵੇਗਾ।
ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਵਿਭਾਗ (Department of Home Affairs) ਵੱਲੋਂ IELTS, PTE Academic, TOEFL iBT ਸਮੇਤ ਕਈ ਅੰਗਰੇਜ਼ੀ ਟੈਸਟਾਂ ਨੂੰ ਮਾਨਤਾ ਦਿੱਤੀ ਗਈ ਹੈ। ਵਿਦਿਆਰਥੀਆਂ ਲਈ ਲੋੜੀਂਦਾ ਸਕੋਰ ਕੋਰਸ ਅਤੇ ਸਿੱਖਿਆ ਸੰਸਥਾ ਦੇ ਨਿਯਮਾਂ ਅਨੁਸਾਰ ਵੱਖ-ਵੱਖ ਹੋ ਸਕਦਾ ਹੈ।
ਇਸੇ ਦੌਰਾਨ ਆਸਟ੍ਰੇਲੀਆ ਨੇ ਹਾਲੀਆ ਸਾਲਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ਅਤੇ ਜਾਂਚ ਪ੍ਰਕਿਰਿਆ ਨੂੰ ਹੋਰ ਸਖ਼ਤ ਕੀਤਾ ਹੈ। ਭਾਰਤ ਸਮੇਤ ਕੁਝ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦਿਆਰਥੀ ਵੀਜ਼ਾ ਅਰਜ਼ੀਦਾਰਾਂ ਲਈ ਵਾਧੂ ਜਾਂਚ ਅਤੇ ਦਸਤਾਵੇਜ਼ੀ ਤਸਦੀਕ ਵੀ ਕੀਤੀ ਜਾ ਰਹੀ ਹੈ।
