ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੰਗਰੂਰ ਦੇ ਦਿੜ੍ਹਬਾ ਵਿੱਚ ਇੱਕ ਵਿਅਕਤੀ ਦੀ ਕਥਿਤ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕੀਤੇ ਗਏ ਹਮਲੇ ਦਾ ਜਵਾਬ ਦਿੱਤਾ ਹੈ। ਮਾਨ ਨੇ ਰਾਹੁਲ ਗਾਂਧੀ ਨੂੰ ਇਸ ਮਾਮਲੇ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਹਿੰਦੀ ਵਿੱਚ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕਥਿਤ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਮਾਮਲਾ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਨਾਲ ਸਬੰਧਤ ਹੈ, ਜਿੱਥੇ 47 ਸਾਲਾ ਦਲਿਤ ਵਿਅਕਤੀ ਗੁਲਜ਼ਾਰ ਸਿੰਘ ਦੀ ਸੋਮਵਾਰ ਰਾਤ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 6 ਸਤੰਬਰ ਨੂੰ ਦਿੜ੍ਹਬਾ ਵਿੱਚ ਹੋਏ ਇੱਕ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਕੇ ਵਿੱਚ ਨਸ਼ਿਆਂ ਦੀ ਕਥਿਤ ਸਪਲਾਈ ਨੂੰ ਲੈ ਕੇ ਸਵਾਲ ਕੀਤਾ ਸੀ।
ਇਸ ਘਟਨਾ ਤੋਂ ਬਾਅਦ ਮਾਮਲਾ ਸਿਆਸੀ ਤੌਰ ‘ਤੇ ਵੀ ਗਰਮਾ ਗਿਆ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਦੀ ‘ਆਪ’ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਅਸਤੀਫ਼ਾ ਲੈਣ। ਉਨ੍ਹਾਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ, ਭਗਵੰਤ ਮਾਨ ਨੇ ਰਾਹੁਲ ਗਾਂਧੀ ਦੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਆਪਣਾ ਪੱਖ ਰੱਖਿਆ ਅਤੇ ਕਿਹਾ ਕਿ ਮਾਮਲੇ ਵਿੱਚ ਪੁਲੀਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਣ ਦੇਣਾ ਚਾਹੀਦਾ ਹੈ।
