Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ।
ਹਾਲਾਂਕਿ, ਮੌਸਮ ਵਿੱਚ ਆਈ ਇਸ ਤਬਦੀਲੀ ਨੂੰ ਅਜੇ ਸਰਦੀਆਂ ਦੀ ਸ਼ੁਰੂਆਤ ਨਹੀਂ ਮੰਨਿਆ ਜਾ ਰਿਹਾ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਹੇਠਾਂ ਆਇਆ ਹੈ। ਇਹ ਇਸ ਸਮੇਂ ਆਮ ਨਾਲੋਂ ਕਰੀਬ 5.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 31.2 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਹੋਇਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਸਿਰਫ਼ 25.4 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਦੇ ਤਾਪਮਾਨ ਵਿੱਚ 5.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਇਹ ਆਮ ਨਾਲੋਂ 7.2 ਡਿਗਰੀ ਘੱਟ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਚੰਡੀਗੜ੍ਹ ਵਿੱਚ ਸਤੰਬਰ ਮਹੀਨੇ ਦੌਰਾਨ ਪੰਜ ਸਾਲਾਂ ਬਾਅਦ ਇਸ ਤਰ੍ਹਾਂ ਦੀ ਠੰਡ ਮਹਿਸੂਸ ਕੀਤੀ ਗਈ ਹੈ।
ਇਨ੍ਹਾਂ 6 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ ਸ਼ਾਮਲ ਹਨ।
ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਕੁਝ ਥਾਵਾਂ ‘ਤੇ ਮੀਂਹ ਜਾਂ ਗਰਜ ਨਾਲ ਮੀਂਹ ਵੀ ਪੈ ਸਕਦਾ ਹੈ।
ਠੰਡ ਵਧੀ ਤਾਂ ਬਿਜਲੀ ਦੀ ਮੰਗ ਵੀ ਘਟੀ
ਮੌਸਮ ਠੰਡਾ ਹੋਣ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਈ ਹੈ। ਕੁਝ ਦਿਨ ਪਹਿਲਾਂ ਦੇ ਮੁਕਾਬਲੇ ਬਿਜਲੀ ਦਾ ਲੋਡ ਕਾਫ਼ੀ ਹੇਠਾਂ ਆ ਗਿਆ ਹੈ।
ਅੰਕੜਿਆਂ ਮੁਤਾਬਕ ਅੱਜ ਬਿਜਲੀ ਦੀ ਮੰਗ 8,785 ਮੈਗਾਵਾਟ ਦਰਜ ਕੀਤੀ ਗਈ, ਜਦਕਿ 26 ਸਤੰਬਰ ਨੂੰ ਇਹ 12,989 ਮੈਗਾਵਾਟ ਸੀ। ਇਸ ਤਰ੍ਹਾਂ ਸਿਰਫ਼ ਤਿੰਨ ਦਿਨਾਂ ਵਿੱਚ ਬਿਜਲੀ ਦੀ ਮੰਗ 4,204 ਮੈਗਾਵਾਟ ਘੱਟ ਹੋ ਗਈ।
ਮੰਗ ਘਟਣ ਨਾਲ ਪੰਜਾਬ ਨੂੰ ਬਾਹਰੋਂ ਲੈਣੀ ਪੈ ਰਹੀ ਬਿਜਲੀ ਵੀ ਘੱਟ ਹੋਈ ਹੈ। ਇਸ ਵੇਲੇ ਕਰੀਬ 3,710 ਮੈਗਾਵਾਟ ਬਿਜਲੀ ਦੀ ਵਰਤੋਂ ਹੋ ਰਹੀ ਹੈ, ਜਦਕਿ ਨਿਰਧਾਰਤ ਸਪਲਾਈ 3,448 ਮੈਗਾਵਾਟ ਦੱਸੀ ਗਈ ਹੈ।
ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਸਵੇਰ-ਸ਼ਾਮ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ, ਉੱਥੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਤਾਪਮਾਨ ਨੂੰ ਲੈ ਕੇ ਮੌਸਮ ਵਿਭਾਗ ਦੀਆਂ ਭਵਿੱਖਬਾਣੀਆਂ ‘ਤੇ ਵੀ ਨਜ਼ਰ ਰਹੇਗੀ।
