Mansa News: ਮਾਨਸਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਉਨ੍ਹਾਂ ਨੂੰ ਪੁਰਤਗਾਲ ਦੇ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਫੋਨ ਰਾਹੀਂ ਦਿੱਤੀ ਗਈ। ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਅਤੇ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਬਾਰੇ ਬਿਆਨਬਾਜ਼ੀ ਨਾ ਕਰਨ ਦੀ ਚਿਤਾਵਨੀ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਫੋਨ ਕਰਨ ਵਾਲੇ ਨੇ ਗੁਰਪ੍ਰੀਤ ਸਿੰਘ ਵਿੱਕੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਅਤੇ ਬਲਕੌਰ ਸਿੰਘ ਵਿਰੁੱਧ ਬਿਆਨ ਦੇਣੇ ਬੰਦ ਨਾ ਕੀਤੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਇੱਕ ਪੋਡਕਾਸਟ ਦੌਰਾਨ ਗੁਰਪ੍ਰੀਤ ਸਿੰਘ ਵਿੱਕੀ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਕੁਝ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਬਿਆਨਬਾਜ਼ੀ ਵੀ ਦੇਖਣ ਨੂੰ ਮਿਲੀ ਸੀ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਧਮਕੀ ਮਿਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਵਿੱਕੀ ਨੇ ਪੁਲਿਸ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਉਸ ਅੰਤਰਰਾਸ਼ਟਰੀ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਧਮਕੀ ਭਰੀ ਕਾਲ ਆਈ ਸੀ। ਜਾਂਚ ਏਜੰਸੀਆਂ ਵੱਲੋਂ ਕਾਲ ਕਰਨ ਵਾਲੇ ਵਿਅਕਤੀ ਅਤੇ ਉਸ ਦੀ ਅਸਲ ਲੋਕੇਸ਼ਨ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰਾਜਾ ਵੜਿੰਗ ਦੇ ਕਰੀਬੀ ਆਗੂ
ਗੁਰਪ੍ਰੀਤ ਸਿੰਘ ਵਿੱਕੀ ਨੂੰ ਕਾਂਗਰਸ ਦੇ ਸਰਗਰਮ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਉਹ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਆਗੂ ਵਜੋਂ ਜਾਣੇ ਜਾਂਦੇ ਹਨ। ਇਹ ਵੀ ਚਰਚਾ ਹੈ ਕਿ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ।
ਆਗੂ ਨੂੰ ਮਿਲੀ ਧਮਕੀ ਤੋਂ ਬਾਅਦ ਮਾਨਸਾ ਦੇ ਸਿਆਸੀ ਮਾਹੌਲ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਧਮਕੀ ਦੇਣ ਵਾਲਾ ਵਿਅਕਤੀ ਅਸਲ ਵਿੱਚ ਕੌਣ ਹੈ ਅਤੇ ਉਸ ਦਾ ਕਿਸੇ ਗੈਂਗ ਨਾਲ ਕੋਈ ਸਬੰਧ ਹੈ ਜਾਂ ਨਹੀਂ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
