ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਕਲਾਸਾਂ ਤੇ ਮਿਡ-ਟਰਮ ਪ੍ਰੀਖਿਆਵਾਂ ਮੁਲਤਵੀ
Punjab News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਅਤੇ ਤਣਾਅਪੂਰਨ ਮਾਹੌਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ 28 ਸਤੰਬਰ ਤੋਂ ਅਗਲੇ 10 ਦਿਨਾਂ ਤੱਕ ਸਾਰੀਆਂ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਉਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਵਿਦਿਆਰਥੀਆਂ ਨੂੰ ਘਰ ਜਾਣ ਦੀ ਦਿੱਤੀ ਇਜਾਜ਼ਤ
ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਹ ਆਪਣੇ ਮਾਪਿਆਂ ਨਾਲ ਸੰਪਰਕ ਕਰਕੇ ਘਰ ਜਾ ਸਕਦੇ ਹਨ। ਉੱਥੇ ਹੀ ਜਿਹੜੇ ਵਿਦਿਆਰਥੀ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਵਿਦਿਆਰਥੀਆਂ ਨੂੰ ਸਿਰਫ਼ ਜ਼ਰੂਰੀ ਕੰਮ ਲਈ ਹੀ ਬਾਹਰ ਨਿਕਲਣ ਲਈ ਕਿਹਾ ਗਿਆ ਹੈ।
ਹੰਗਾਮੇ ਦੌਰਾਨ ਪੁਲਿਸ ਨਾਲ ਹੋਈ ਝੜਪ
ਹੰਗਾਮੇ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਤਣਾਅ ਵਧ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਗੱਲ ਸਾਹਮਣੇ ਆਈ ਹੈ। ਇਸ ਦੌਰਾਨ ਕੁਝ ਵਿਦਿਆਰਥੀਆਂ ਵੱਲੋਂ ਪੁਲਿਸ ਦੀਆਂ ਗੱਡੀਆਂ ‘ਤੇ ਪੱਥਰਬਾਜ਼ੀ ਕਰਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ।
ਇਸ ਦੌਰਾਨ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਵੀ ਕਈ ਘੰਟਿਆਂ ਤੱਕ ਪ੍ਰਭਾਵਿਤ ਰਿਹਾ। ਐਤਵਾਰ ਸਵੇਰੇ ਕਰੀਬ 6 ਵਜੇ ਬੰਦ ਹੋਇਆ ਇਹ ਹਾਈਵੇਅ ਰਾਤ 12 ਵਜੇ ਦੇ ਕਰੀਬ ਮੁੜ ਖੋਲ੍ਹ ਦਿੱਤਾ ਗਿਆ। ਇਸ ਤੋਂ ਬਾਅਦ ਲੰਬੇ ਸਮੇਂ ਤੋਂ ਫਸੇ ਵਾਹਨਾਂ ਦੀ ਆਵਾਜਾਈ ਮੁੜ ਸ਼ੁਰੂ ਹੋ ਸਕੀ।
ਬਲਾਤਕਾਰ ਮਾਮਲੇ ਦੀ ਜਾਂਚ ਲਈ SIT
ਵਿਦਿਆਰਥੀਆਂ ਵੱਲੋਂ ਕੀਤੀ ਗਈ ਮੰਗ ਤੋਂ ਬਾਅਦ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ਵਿੱਚ FIR ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਪੰਜ ਵਿਦਿਆਰਥੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਏ ਜਾਣ ਦੀ ਵੀ ਜਾਣਕਾਰੀ ਹੈ।
ਡੀਆਈਜੀ ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਸਥਿਤੀ ਪੁਲਿਸ ਦੇ ਕਾਬੂ ਹੇਠ ਦੱਸੀ ਜਾ ਰਹੀ ਹੈ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
