ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿੱਚ ਇੱਕ ਜੰਗੀ ਯਾਦਗਾਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਮਾਮਲਿਆਂ ਦੇ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦੇ ਨਿਰਮਾਣ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਜੰਗੀ ਯਾਦਗਾਰ ਦੇ ਡਿਜ਼ਾਈਨ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ, ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੂੰ ਉਸਾਰੀ ਦਾ ਕੰਮ ਸੌਂਪਿਆ ਗਿਆ ਹੈ।
ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਸਾਨੂੰ ਹਮੇਸ਼ਾ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਰਹੇਗੀ। ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ, ਸੇਵਾ ਅਤੇ ਕੁਰਬਾਨੀ ਦੀ ਭਾਵਨਾ ਨਾਲ ਪ੍ਰੇਰਿਤ ਕਰੇਗੀ। ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਉਨ੍ਹਾਂ ਦੇ ਯੋਗਦਾਨ ਨੂੰ ਸਮਾਜ ਵਿੱਚ ਢੁਕਵਾਂ ਸਤਿਕਾਰ ਦੇਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।
